ਲੋਕ ਸਭਾ ਦੀ ਜ਼ਿਮਨੀ ਚੋਣ ਦੇ ਤਹਿਤ ਅੱਜ ਲੋਕ ਸਭਾ ਹਲਕਾ ਸੰਗਰੂਰ ’ਚ ਦੋ ਹੋਰ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏੇ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਦੇ ਤਹਿਤ ਅੱਜ ਦੋ ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕੀਤੇ ਹਨ ਜਿਸ ਤਹਿਤ ਹੁਣ ਤੱਕ ਕੁੱਲ ਤਿੰਨ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰਵਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਵਜੋਂ ਸ. ਸਿਮਰਨਜੀਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਸ. ਗੁਰਮੇਲ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ
6 ਜੂਨ ਦਿਨ ਸੋਮਵਾਰ ਤੱਕ ਕਾਗਜ਼ ਭਰਨ ਦੀ ਪ੍ਰਕਿਰਿਆ ਜਾਰੀ ਰਹੇਗੀ ਜਦਕਿ 5 ਜੂਨ ਦਿਨ ਐਤਵਾਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ। ਉਨਾਂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਾਂ ਏ.ਆਰ.ਓ-ਕਮ-ਐਸ.ਡੀ.ਐਮ ਸੰਗਰੂਰ ਨੂੰ ਕੋਰਟ ਰੂਮ, ਦਫ਼ਤਰ ਡਿਪਟੀ ਕਮਿਸ਼ਨਰ, ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਜਮਾਂ ਕਰਵਾਏ ਜਾ ਸਕਦੇ ਹਨ।